ਪੰਜਾਬੀ ਭਾਈਚਾਰੇ ਵਲੋਂ ਸਵਾਗਤ
ਵਿਦੇਸ਼ ਅਤੇ ਪੰਜਾਬ ਵਸਦੇ ਪੰਜਾਬੀ ਭਾਈਚਾਰੇ ਨੇ ਏਅਰ ਇੰਡੀਆਂ ਵੱਲੋਂ ਵੰਦੇ ਭਾਰਤ ਮਿਸ਼ਨ ਦੀਆਂ ਉਡਾਣਾਂ ਵਿਚ ਅੰਮ੍ਰਿਤਸਰ ਅਤੇ ਲੰਡਨ ਦੇ ਹੀਥਰੋ ਹਵਾਈ ਅੱਡੇ ਦਰਮਿਆਨ ਵਿਸ਼ੇਸ਼ ਸਿੱਧੀਆਂ ਉਡਾਣਾਂ ਸ਼ਾਮਲ ਕਰਨ ਦਾ ਸਵਾਗਤ ਕੀਤਾ ਹੈ। ਇਸ ਮਿਸ਼ਨ ਤਹਿਤ ਕੋਰੋਨਾ ਮਹਾਂਮਾਰੀ ਦੋਰਾਨ ਏਅਰ ਇੰਡੀਆ ਵਿਸ਼ਵ ਭਰ ਵਿਚ ਵਿਸ਼ੇਸ਼ ਉਡਾਣਾਂ ਚਲਾ ਰਹੀ ਹੈ।
ਪ੍ਰੈਸ ਨੂੰ ਜਾਰੀ ਬਿਆਨ ਵਿੱਚ ਫਲਾਈ ਅੰਮ੍ਰਿਤਸਰ ਇਨੀਸ਼ਿਏਟਿਵ (ਮੁਹਿੰਮ) ਦੇ ਗਲੋਬਲ ਕਨਵੀਨਰ ਅਤੇ ਅੰਮ੍ਰਿਤਸਰ ਵਿਕਾਸ ਮੰਚ ਦੇ ਓਵਰਸੀਜ਼ ਸਕੱਤਰ, ਸਮੀਪ ਸਿੰਘ ਗੁਮਟਾਲਾ ਨੇ ਦੱਸਿਆ ਕਿ ਏਅਰ ਇੰਡੀਆ ਵੱਲੋਂ ਆਪਣੀ ਵੈਬਸਾਈਟ ਤੇ ਉਡਾਣਾਂ ਦੀ ਜਾਰੀ ਕੀਤੀ ਗਈ ਨਵੀਂ ਲਿਸਟ ਅਨੁਸਾਰ 24 ਅਗਸਤ ਤੋਂ 30 ਸਤੰਬਰ ਤੱਕ, ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਅਤੇ ਲੰਡਨ ਹੀਥਰੋ ਦੇ ਵਿਚਕਾਰ ਹਰ ਹਫਤੇ, ਇਕ ਸਿੱਧੀ ਉਡਾਣ ਸ਼ਾਮਲ ਕੀਤੀ ਗਈ ਹੈ।
ਇਨ੍ਹਾਂ ਉਡਾਣਾਂ ਦੀ ਬੁਕਿੰਗ ਸ਼ੁਰੂ ਹੈ, ਅਤੇ ਏਅਰ ਇੰਡੀਆ ਦੀ ਵੈਬਸਾਈਟ, ਦਫ਼ਤਰ, ਅਤੇ ਅਧਿਕਾਰਤ ਟਰੈਵਲ ਏਜੰਟ ਦੇ ਜ਼ਰੀਏ ਕੀਤੀ ਜਾ ਸਕਦੀ ਹੈ। ਇਹ ਉਡਾਣ ਹਰ ਸੋਮਵਾਰ ਲੰਡਨ ਹੀਥਰੋ ਤੋਂ ਸਵੇਰੇ 9:15 ਵਜੇ ਰਵਾਨਾ ਹੋਵੇਗੀ ਅਤੇ ਰਾਤ ਨੂੰ 10:25 ਵਜੇ ਅੰਮ੍ਰਿਤਸਰ ਪਹੁੰਚੇਗੀ। ਮੰਗਲਵਾਰ ਦੁਪਹਿਰ 2:40 ਵਜੇ ਅੰਮ੍ਰਿਤਸਰ ਤੋਂ ਰਵਾਨਾ ਹੋ ਕੇ, ਸ਼ਾਮ ਨੂੰ 7 ਵਜੇ ਲੰਡਨ ਪਹੁੰਚੇਗੀ।
ਗੁਮਟਾਲਾ ਨੇ ਕਿਹਾ, “ਇਸ ਉਡਾਨ ਰਾਹੀਂ ਹੁਣ ਯਾਤਰੀਆਂ ਨੂੰ ਦਿੱਲੀ ਰਾਹੀਂ ਜਾਣ ਦੀ ਬਜਾਏ, ਪੰਜਾਬ ਪਹੁੰਚਣ ਵਿਚ ਬਹੁਤ ਘੱਟ ਸਮਾਂ ਲੱਗੇਗਾ। ਅਸੀਂ ਸ਼ਹਿਰੀ ਹਵਾਬਾਜ਼ੀ ਮੰਤਰੀ ਸ. ਹਰਦੀਪ ਸਿੰਘ ਪੂਰੀ ਅਤੇ ਏਅਰ ਇੰਡੀਆ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਾਂ। ਉਨ੍ਹਾਂ ਨੂੰ ਬੇਨਤੀ ਕਰਦੇ ਹਾਂ ਕਿ ਇਹਨਾਂ ਉਡਾਣਾਂ ਦੀ ਗਿਣਤੀ ਨੂੰ ਵਧਾਇਆ ਜਾਵੇ ਅਤੇ ਭਵਿੱਖ ਵਿਚ ਭਾਰਤ ਵਲੋਂ ਨਿਯਮਤ ਅੰਤਰਰਾਸ਼ਟਰੀ ਵਪਾਰਕ ਉਡਾਣਾਂ ਮੁੜ ਸ਼ੁਰੂ ਕਰਨ ਤੋਂ ਬਾਅਦ ਅੰਮ੍ਰਿਤਸਰ ਤੋਂ ਲੰਡਨ ਦੇ ਹੀਥਰੋ ਹਵਾਈ ਅੱਡੇ ਲਈ ਉਡਾਣਾਂ ਨੂੰ ਜਾਰੀ ਰੱਖਿਆ ਜਾਵੇ। ਮੰਤਰਾਲੇ ਨੂੰ ਇਹ ਵੀ ਅਪੀਲ ਕਰਦੇ ਹਾਂ ਕਿ ਵੰਦੇ ਭਾਰਤ ਮਿਸ਼ਨ ਤਹਿਤ ਅੰਮ੍ਰਿਤਸਰ-ਬਰਮਿੰਘਮ ਵਿਚਕਾਰ ਵੀ ਵਿਸ਼ੇਸ਼ ਸਿੱਧੀਆਂ ਉਡਾਣਾਂ ਜਲਦ ਸ਼ੁਰੂ ਕੀਤੀਆਂ ਜਾਣ।”
ਅੰਮ੍ਰਿਤਸਰ ਵਿਕਾਸ ਮੰਚ ਦੇ ਪੰਧਾਨ ਮਨਮੋਹਨ ਸਿੰਘ ਅਤੇ ਸੇਵਾ ਟਰੱਸਟ ਯੂ.ਕੇ. ਦੇ ਚੇਅਰਮੈਨ ਕੌਂਸਲਰ ਚਰਨ ਕੰਵਲ ਸਿੰਘ ਸੇਖੋਂ ਨੇ ਵੀ ਇਕ ਸਾਂਝੇ ਬਿਆਨ ਵਿੱਚ ਭਾਰਤ ਸਰਕਾਰ ਦਾ ਧੰਨਵਾਦ ਕੀਤਾ ਹੈ। ਇਹ ਦੋਨੋ ਸੰਗਠਨ ਲੰਮੇ ਸਮੇਂ ਤੋਂ ਅੰਮ੍ਰਿਤਸਰ-ਲੰਡਨ ਹੀਥਰੋ ਸਿੱਧੀਆਂ ਉਡਾਣਾਂ ਦੀ ਸਾਂਝੀ ਮੁਹਿੰਮ ਨੂੰ ਚਲਾ ਰਹੇ ਹਨ।
ਸੇਖੋਂ ਨੇ ਕਿਹਾ ਕਿ ਭਾਈਚਾਰੇ ਦੀ ਲੰਡਨ ਲਈ ਉਡਾਣਾਂ ਦੀ ਮੰਗ ਅੰਸ਼ਕ ਤੌਰ ਤੇ ਨਵੰਬਰ 2019 ਵਿੱਚ ਗੁਰੁ ਨਾਨਕ ਦੇਵ ਜੀ ਦੇ 550 ਵੇਂ ਗੁਰਪੂਰਬ ਦੇ ਸਮਾਗਮਾਂ ’ਤੇ ਪੂਰੀ ਹੋਈ ਜਦ ਏਅਰ ਇੰਡੀਆ ਨੇ ਅੰਮ੍ਰਿਤਸਰ ਤੋਂ ਲੰਡਨ ਦੇ ਸੈਨਸਟੈਡ ਏਅਰਪੋਰਟ ਲਈ ਤਿੰਨ ਹਫਤਾਵਾਰੀ ਉਡਾਣਾਂ ਸ਼ੁਰੂ ਕੀਤੀਆਂ। ਇਸ ਦੇ ਬਾਵਜੂਦ ਅਸੀਂ ਲੰਡਨ ਹੀਥਰੋ ਲਈ ਸਿੱਧੀਆਂ ਉਡਾਣਾਂ ਦੀ ਮੰਗ ਕਰ ਰਹੇ ਹਾਂ ਕਿਉਂਕਿ ਸਟੈਨਸਟੇਡ ਨਾਲੋਂ ਹੀਥਰੋ ਲਈ ਉਡਾਣਾਂ ਨਾਲ ਭਾਈਚਾਰੇ ਨੂੰ ਵੱਡਾ ਫਾਇਦਾ ਹੋਵੇਗਾ।
ਪੰਜਾਬੀਆਂ ਦੀ ਬਹੁਗਿਣਤੀ ਹੀਥਰੋ ਦੇ ਨੇੜੇ ਰਹਿੰਦੀ ਹੈ ਜਿਸ ਵਿਚ ਕਾਰੋਬਾਰੀ ਵਰਗ ਦੇ ਯਾਤਰੀਆਂ ਦੀ ਵੀ ਵੱਡੀ ਗਿਣਤੀ ਹੈ। ਪੰਜਾਬੀ ਦੁਨੀਆਂ ਦੇ ਸਭ ਤੋਂ ਵੱਡੇ ਮੰਨੇ ਜਾਣ ਵਾਲੇ ਏਵੀਏਸ਼ਨ ਕੇਂਦਰ ਹੀਥਰੋ ਹਵਾਈ ਅੱਡੇ ਰਾਹੀਂ ਏਅਰ ਇੰਡੀਆਂ ਦੀਆਂ ਯੂਰਪ, ਅਮਰੀਕਾ, ਕੈਨੇਡਾ ਦੀਆਂ ਭਾਈਵਾਲ ਹਵਾਈ ਕੰਪਨੀਆਂ ਏਅਰ ਕੈਨੇਡਾ, ਯਨਾਈਟਿਡ ਆਦਿ ਦੀਆਂ ਉਡਾਣਾਂ ਤੇ ਅਸਾਨੀ ਨਾਲ ਯੂਰਪ, ਕੈਨੇਡਾ, ਅਮਰੀਕਾ ਆਦਿ ਆ ਜਾ ਸਕਦੇ ਹਨ।
ਮੰਚ ਦੇ ਪ੍ਰਧਾਨ ਮਨਮੋਹਨ ਸਿੰਘ ਨੇ ਕਿਹਾ, “ਲੰਡਨ, ਟੋਰਾਂਟੋ ਅਤੇ ਵੈਨਕੁਵਰ ਵਰਗੀਆਂ ਪ੍ਰਮੁੱਖ ਥਾਵਾਂ ਲਈ ਅੰਮ੍ਰਿਤਸਰ ਹਵਾਈ ਅੱਡੇ ਦੀ ਅਸਲ ਮਹੱਤਤਾ ਹਾਲ ਹੀ ਵਿੱਚ ਸਿੱਧ ਹੋ ਗਈ ਜਦ ਮਾਰਚ ਦੇ ਅਖੀਰ ਵਿੱਚ ਭਾਰਤ ਸਰਕਾਰ ਵੱਲੋਂ ਉਡਾਣਾਂ ਦੀ ਮੁਕੰਮਲ ਮੁਅੱਤਲੀ ਕਾਰਨ ਹਜ਼ਾਰਾਂ ਵਿਦੇਸ਼ੀ ਪੰਜਾਬ ਸਮੇਤ ਦੇਸ਼ ਭਰ ਵਿੱਚ ਫਸ ਗਏ ਜਿਸ ਵਿੱਚ ਯੂ.ਕੇ. ਅਤੇ ਕੈਨੇਡਾ ਦੇ ਵਸਨੀਕਾਂ ਦੀ ਸਭ ਤੋਂ ਵੱਧ ਗਿਣਤੀ ਪੰਜਾਬ ਵਿੱਚ ਸੀ।“
ਉਹਨਾਂ ਦੱਸਿਆ ਕਿ ਅਪ੍ਰੈਲ ਤੋਂ ਮਈ ਮਹੀਨੇ ਦੇ ਮੱਧ ਤੱਕ ਯੂ.ਕੇ. ਦੀ ਸਰਕਾਰ ਨੇ ਅਪ੍ਰੈਲ ਤੋਂ 15 ਮਈ, 2020 ਤੱਕ ਬ੍ਰਿਟਿਸ਼ ਅਤੇ ਕਤਰ ਏਅਰਵੇਜ਼ ਦੁਆਰਾ ਸੰਚਾਲਿਤ ਕੁੱਲ 28 ਉਡਾਨਾਂ ਦਾ ਪ੍ਰਬੰਧ ਕੀਤਾ ਜਿਸ ਨਾਲ ਲਗਭਗ 8271 ਯਾਤਰੀ ਆਪਣੇ ਘਰ ਵਾਪਸ ਪਰਤੇ। ਕੈਨੇਡਾ ਦੇ ਭਾਰਤ ਵਿੱਚ ਸਥਿਤ ਵਿਦੇਸ਼ ਦਫਤਰ ਨੇ ਵੀ ਕਤਰ ਏਅਰਵੇਜ਼ ਦੇ ਸਹਿਯੋਗ ਨਾਲ ਟੋਰਾਂਟੋ, ਵੈਨਕੂਵਰ ਅਤੇ ਮਾਂਟਰੀਅਲ ਲਈ ਕੁੱਲ 25 ਉਡਾਨਾਂ ਦਾ ਸੰਚਾਲਨ ਕੀਤਾ ਜੋ ਲਗਭਗ 7500 ਕੈਨੇਡੀਅਨ ਵਾਸੀਆਂ ਨੂੰ ਅੰਮ੍ਰਿਤਸਰ ਤੋਂ ਵਾਪਸ ਲੈ ਕੇ ਗਏ।
ਮਹਾਂਮਾਰੀ ਦੋਰਾਨ ਅੰਮ੍ਰਿਤਸਰ ਹਵਾਈ ਅੱਡੇ ਨੇ ਨਾ ਸਿਰਫ ਇਹ ਸਾਬਤ ਕੀਤਾ ਹੈ ਕਿ ਇੱਥੋਂ ਲੰਡਨ ਹੀਥਰੋ, ਟੋਰਾਂਟੋ ਅਤੇ ਵੈਨਕੂਵਰ ਲਈ ਸਿੱਧੀਆਂ ਉਡਾਣਾਂ ਦੀ ਵੱਡੀ ਸਮਰੱਥਾ ਹੈ ਬਲਕਿ ਇੱਥੋਂ ਅਤਿ ਸੰਕਟ ਦੀ ਸਥਿਤੀ ਦੇ ਦੌਰਾਨ ਵੀ ਆਵਾਜਾਈ ਨੂੰ ਸੰਭਾਲਣ ਲਈ ਸਾਰਾ ਬੁਨਿਆਦੀ ਢਾਂਚਾ ਮੌਜੂਦ ਹੈ।
1,240 total views